ਪਟਿਆਲਾ/ਸਨੌਰ 30 ਦਸੰਬਰ (ਰਾਜਿੰਦਰ ਥਿੰਦ)
ਹਲਕੇ ਸਨੌਰ ਦੇ ਵਿਕਾਸ ਵਿੱਚ ਹੋਰ ਤੇਜੀ ਲਿਆਉਣ ਦੇ ਉਦੇਸ਼ ਨਾਲ ਹਲਕਾ ਇੰਚਾਰਜ ਸਨੌਰ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹਲਕੇ ਨਾਲ ਜੁੜੇ ਅਹਿਮ ਵਿਕਾਸੀ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਮੰਗ ਪੱਤਰ ਵੀ ਪੇਸ਼ ਕੀਤਾ ਗਿਆ। ਮੁਲਾਕਾਤ ਉਪਰੰਤ ਹਡਾਣਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਘੜਾਮ ਅਤੇ ਸ਼ੇਖਪੁਰਾ ਮਾਈਨਰ (ਸੂਏ) ਜਲਦ ਪੱਕੇ ਕੀਤੇ ਜਾਣ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਹਡਾਣਾ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਇਸ ਨਾਲ ਕਿਸਾਨਾਂ ਨੂੰ ਖੇਤਾਂ ਵਿੱਚ ਨਹਿਰੀ ਪਾਣੀ ਦੀ ਸਹੂਲਤ ਮਿਲਣ ਨਾਲ ਜਿਥੇ ਚੰਗੀ ਫ਼ਸਲ ਹੋਵੇਗੀ ਉਥੇ ਹੀ ਬਿਜਲੀ ਦੀ ਵੀ ਵੱਡੀ ਬੱਚਤ ਹੋਵੇਗੀ।ਹਡਾਣਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਹਲਕੇ ਅੰਦਰ ਪੈਂਦੇ ਹੋਰਨਾਂ ਸੂਇਆਂ ਨੂੰ ਵੀ ਪੱਕੇ ਕਰਨ ਅਤੇ ਸਫਾਈ ਪ੍ਰਬੰਧ ਸੁਧਾਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੱਚੇ ਸੂਇਆਂ ਕਾਰਨ ਕਿਸਾਨਾਂ ਨੂੰ ਖੇਤਾਂ ਵਿੱਚ ਪਾਣੀ ਪਹੁੰਚਾਉਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ ਅਤੇ ਬਰਸਾਤ ਦੇ ਸਮੇਂ ਪਾਣੀ ਭਰ ਜਾਣ ਨਾਲ ਫਸਲਾਂ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਹੋਰਨਾਂ ਸੂਇਆਂ ਨੂੰ ਵੀ ਪੱਕਾ ਕਰਨ ਅਤੇ ਨਿਯਮਤ ਸਫਾਈ ਕਰਵਾਉਣ ਲਈ ਵੀ ਅਹਿਮ ਮੰਗ ਰੱਖੀ ਗਈ । ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਲਈ ਚਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਹੋਈ। ਹਡਾਣਾ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਨਿਯਮਤ ਅਤੇ ਪੂਰਾ ਪਾਣੀ ਮਿਲਣਾ ਬਹੁਤ ਜ਼ਰੂਰੀ ਹੈ। ਇਸ ਨਾਲ ਫਸਲਾਂ ਦੀ ਪੈਦਾਵਾਰ ਵਧੇਗੀ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਆਵੇਗਾ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਡਾਣਾ ਨੂੰ ਭਰੋਸਾ ਦਿਵਾਇਆ ਕਿ ਹਲਕੇ ਸਨੌਰ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਠਾਏ ਗਏ ਸਾਰੇ ਮਸਲਿਆਂ ’ਤੇ ਜਲਦ ਕਾਰਵਾਈ ਕੀਤੀ ਜਾਵੇਗੀ


0 Comments