ਸਨੌਰ 31 ਦਸੰਬਰ (ਰਾਜਿੰਦਰ ਸਿੰਘ ਥਿੰਦ) - ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਭੱਟੀਆਂ ਨੇ ਮਨਰੇਗਾ ਸਕੀਮ ਨੂੰ ਬੰਦ ਕਰਨ ਦੇ ਫ਼ੈਸਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਗਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਪਿੰਡਾਂ ਦੇ ਗਰੀਬ ਪਰਿਵਾਰਾਂ ਲਈ ਰੋਜ਼ਗਾਰ ਦਾ ਇੱਕ ਮਜ਼ਬੂਤ ਸਹਾਰਾ ਸੀ, ਜਿਸ ਨਾਲ ਲੋਕਾਂ ਨੂੰ ਘੱਟੋ-ਘੱਟ ਜੀਵਨ ਯਾਪਨ ਲਈ ਆਰਥਿਕ ਮਦਦ ਮਿਲਦੀ ਰਹੀ। ਨਿਰਮਲ ਭੱਟੀਆਂ ਨੇ ਕਿਹਾ ਕਿ ਅੱਜ ਮਹਿੰਗਾਈ ਆਸਮਾਨ ਛੂਹ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਘੱਟ ਹੋ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਮਨਰੇਗਾ ਵਰਗੀ ਯੋਜਨਾ ਨੂੰ ਖਤਮ ਕਰਨਾ ਬਹੁਤ ਹੀ ਦੁਖਦਾਈ ਅਤੇ ਗੈਰ-ਜਿੰਮੇਵਾਰਨਾ ਫ਼ੈਸਲਾ ਹੈ। ਇਸ ਨਾਲ ਪਿੰਡਾਂ ਦੇ ਮਜ਼ਦੂਰਾਂ, ਦਿਹਾੜੀਦਾਰਾਂ ਅਤੇ ਛੋਟੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਕਮਜ਼ੋਰ ਹੋਵੇਗੀ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਮਨਰੇਗਾ ਸਕੀਮ ਲਾਗੂ ਕਰਕੇ ਪਿੰਡਾਂ ਵਿੱਚ ਵਿਕਾਸ ਅਤੇ ਰੋਜ਼ਗਾਰ ਦੋਵਾਂ ਨੂੰ ਮਜ਼ਬੂਤੀ ਮਿਲੀ ਸੀ। ਇਸ ਯੋਜਨਾ ਨੇ ਨਾ ਸਿਰਫ਼ ਗਰੀਬਾਂ ਨੂੰ ਕੰਮ ਦਿੱਤਾ, ਸਗੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ। ਨਿਰਮਲ ਭੱਟੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਮਨਰੇਗਾ ਸਕੀਮ ਨੂੰ ਮੁੜ ਬਹਾਲ ਕਰੇ ਅਤੇ ਗਰੀਬ ਲੋਕਾਂ ਦੇ ਹੱਕਾਂ ਨਾਲ ਖਿਲਵਾੜ ਕਰਨਾ ਬੰਦ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਖੜ੍ਹ ਕੇ ਤਿੱਖਾ ਸੰਘਰਸ਼ ਕਰੇਗੀ।
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...



0 Comments