ਪਟਿਆਲਾ/ਸਨੌਰ 10 ਜਨਵਰੀ (ਸੁਖਦੇਵ ਸਿੰਘ ਵਿਰਕ /ਰਾਜਿੰਦਰ ਸਿੰਘ ਥਿੰਦ)
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਦੇਣ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਲਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ. ਆਰ. ਟੀ .ਸੀ ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਪਹਿਲ ਦੇ ਰਹੀ ਹੈ। ਰਣਜੋਧ ਹਡਾਣਾ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਮਹਿੰਗੇ ਇਲਾਜ, ਵੱਡੇ ਓਪਰੇਸ਼ਨ ਅਤੇ ਗੰਭੀਰ ਬਿਮਾਰੀਆਂ ਦਾ ਇਲਾਜ ਬਿਨਾਂ ਕਿਸੇ ਵਿੱਤੀ ਬੋਝ ਦੇ ਕੀਤਾ ਜਾ ਸਕੇਗਾ। ਓਹਨਾ ਕਿਹਾ ਕਿ ਇਸ ਨਾਲ ਗਰੀਬ, ਮੱਧ ਵਰਗ ਅਤੇ ਮਜ਼ਦੂਰ ਵਰਗ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਇਸ ਬੀਮਾ ਯੋਜਨਾ ਅਧੀਨ ਇਲਾਜ ਦੀ ਸੁਵਿਧਾ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਯੋਜਨਾ ਲਾਗੂ ਹੋਣ ਉਪਰੰਤ ਲੋਕ ਆਪਣੇ ਨੇੜਲੇ ਕੇਂਦਰਾਂ ‘ਚ ਜਾ ਕੇ ਇਸ ਸੁਵਿਧਾ ਦਾ ਲਾਭ ਲੈ ਸਕਣਗੇ। ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸਿਹਤ ਸੇਵਾਵਾਂ ਹਰ ਨਾਗਰਿਕ ਤੱਕ ਆਸਾਨੀ ਨਾਲ ਪਹੁੰਚਣ ਅਤੇ ਕੋਈ ਵੀ ਵਿਅਕਤੀ ਸਿਰਫ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵੰਜਿਤ ਨਾ ਰਹੇ। ਰਣਜੋਧ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ ਸਮੂਹ ਹਾਈਕਮਾਂਡ ਲੀਡਰਸ਼ਿਪ ਦੀ ਸੋਚ ਅਨੁਸਾਰ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨੂੰ ਸਰਕਾਰ ਵੱਲੋਂ ਪਹਿਲ ਦਿੱਤੀ ਜਾ ਰਹੀ ਹੈ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਜਲਦ ਸ਼ੁਰੂ ਕੀਤੀ ਜਾਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਇਸ ਲੋਕ-ਹਿਤੈਸ਼ੀ ਯੋਜਨਾ ਦਾ ਪੂਰਾ ਲਾਭ ਉਠਾਉਣ।
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...


0 Comments