ਚੰਡੀਗੜ੍ਹ, 23 ਜਨਵਰੀ (ਬਿਓਰੋ ਰਿਪੋਰਟ)
ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਪਏ ਭਾਰੀ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਤੇਜ਼ ਹਵਾਵਾਂ ਦੇ ਨਾਲ ਹੋਏ ਮੀਂਹ ਕਾਰਨ ਠੰਢ ਵਿੱਚ ਖਾਸਾ ਇਜ਼ਾਫ਼ਾ ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ ਗੜੇਮਾਰੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਤੇਜ਼ ਹਵਾਵਾਂ ਚੱਲਦੀਆਂ ਰਹੀਆਂ। ਮੀਂਹ ਦੇ ਕਾਰਨ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਦਕਿ ਹੁਸ਼ਿਆਰਪੁਰ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਯਾਨੀ ਅੱਜ ਦਿਨ ਭਰ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਦਿਨ ਦੌਰਾਨ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ ਅਤੇ ਮੀਂਹ ਦੀ ਸੰਭਾਵਨਾ 78 ਫੀਸਦੀ ਤੱਕ ਦੱਸੀ ਗਈ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ, ਗਰਜ-ਤੂਫ਼ਾਨ ਅਤੇ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਉੱਥੇ ਹੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁਝ ਹਿੱਸਿਆਂ ਵਿੱਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ।


0 Comments