ਪਟਿਆਲਾ — ਸ਼ਹਿਰ ਦੀ ਨਿਊ ਲਾਲ ਬਾਗ ਕਾਲੋਨੀ ਵਿੱਚ ਸਥਿਤ ਇੱਕ ਪੀਜੀ (ਪੇਇੰਗ ਗੈਸਟ) ਵਿੱਚ ਰਹਿ ਰਹੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਦੂਜੇ ਸਾਲ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਮੈਡੀਕਲ ਵਿਦਿਆਰਥੀਆਂ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਛਾਣ ਕਮਲ ਮਿੱਤਲ ਵਜੋਂ ਹੋਈ ਹੈ, ਜੋ ਕਿ ਮਾਨਸਾ ਜ਼ਿਲ੍ਹੇ ਦੇ ਬਰੇਟਾ ਸ਼ਹਿਰ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਕਮਲ ਨਿਊ ਲਾਲ ਬਾਗ ਕਾਲੋਨੀ ਦੇ ਇੱਕ ਪੀਜੀ ਵਿੱਚ ਹੋਰ ਤਿੰਨ ਵਿਦਿਆਰਥੀਆਂ ਨਾਲ ਰਹਿ ਰਿਹਾ ਸੀ। ਅਣਪਛਾਤੇ ਵਿਅਕਤੀਆਂ ਵੱਲੋਂ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਉਸ ਦੀ ਗਰਦਨ 'ਤੇ ਤਿੰਨ ਗੰਭੀਰ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਵੱਖ-ਵੱਖ ਟੀਮਾਂ ਦੀ ਸਹਾਇਤਾ ਨਾਲ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਦੋਸ਼ੀਆਂ ਦੀ ਪਛਾਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

0 Comments