ਜਲੰਧਰ – ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਦੇ ਰਾਜਾ ਗਾਰਡਨ ਵਿੱਚ ਬੀਤੀ ਦੇਰ ਰਾਤ ਇੱਕ ਖਾਲੀ ਪਲਾਟ ਵਿੱਚੋਂ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਮਿਲਣ ਨਾਲ ਇਲਾਕੇ ਵਿੱਚ ਗਹਿਰਾ ਰੋਸ ਪੈਦਾ ਹੋ ਗਿਆ। ਸੂਚਨਾ ਮਿਲਣ ਉਪਰੰਤ ਬਸਤੀ ਬਾਵਾ ਖੇਲ ਥਾਣੇ ਦੀ ਪੁਲਿਸ ਅਤੇ ਏ.ਸੀ.ਪੀ. ਵੈਸਟ ਆਤਿਸ਼ ਭਾਟੀਆ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਤੁਰੰਤ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਬੇਅਦਬੀ ਦੀ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ। ਮੌਕੇ ’ਤੇ ਪਹੁੰਚੇ ਬਘੇਰ ਸਿੰਘ ਨੇ ਦੱਸਿਆ ਕਿ ਉਹ ਇੱਕ ਕੀਰਤਨ ਦਰਬਾਰ ਵਿੱਚ ਸ਼ਾਮਲ ਸਨ, ਜਦੋਂ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ। ਉਹ ਤੁਰੰਤ ਮੌਕੇ ’ਤੇ ਪਹੁੰਚੇ, ਪਵਿੱਤਰ ਅੰਗ ਇਕੱਠੇ ਕੀਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦੀ ਕਰਤੂਤ ਲੱਗਦੀ ਹੈ।
ਏ.ਸੀ.ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ’ਤੇ ਪੁਲਿਸ ਟੀਮ ਤੁਰੰਤ ਬਾਬਾ ਬੁੱਢਾ ਜੀ ਪੁਲ ਨੇੜੇ ਸਥਿਤ ਪਲਾਟ ਵਿੱਚ ਪਹੁੰਚੀ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

0 Comments