ਚੰਡੀਗੜ੍ਹ 7 ਜੂਨ (ਮੌਸਮੀ ਡੈਸਕ) - ਪੰਜਾਬ ਦੇ ਮੌਸਮ ਸਬੰਧੀ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ 7 ਤੋਂ 12 ਜੂਨ ਤੱਕ ਦੇ ਮੌਸਮ ਬਾਰੇ ਅਹਿਮ ਭਵਿੱਖਬਾਣੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅੱਜ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਗਰਜ-ਚਮਕ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ।
8 ਜੂਨ ਨੂੰ ਪੰਜਾਬ ਦਾ ਮੌਸਮ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 9 ਜੂਨ ਨੂੰ ਵੀ ਮੌਸਮ ਖੁਸ਼ਕ ਰਹੇਗਾ, ਪਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ (ਹੀਟ ਵੇਵ) ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ। 10 ਜੂਨ ਲਈ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। 11 ਜੂਨ ਨੂੰ ਵੀ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਜਾਰੀ ਰਹਿਣ ਦੀ ਸੰਭਾਵਨਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੌਸਮ ਬਦਲ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ, ਗਰਜ-ਚਮਕ ਨਾਲ ਬਾਰਿਸ਼ ਹੋਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਹੀਟ ਵੇਵ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।











0 Comments