ਨਵੀਂ ਦਿੱਲੀ, 10 ਜੂਨ (ਨੈਸ਼ਨਲ ਡੈਸਕ) - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 12 ਸਾਲ ਪੂਰੇ ਹੋ ਗਏ ਹਨ ਅਤੇ ਇਹ ਸਮਾਂ ਦੇਸ਼ ਨੂੰ ਵਿਕਾਸ, ਖੁਸ਼ਹਾਲੀ ਅਤੇ ਵਿਸ਼ਵ ਪੱਧਰ ’ਤੇ ਨਵੀਂ ਪਛਾਣ ਦਿਵਾਉਣ ਵਾਲਾ ਰਿਹਾ ਹੈ।
ਤਰੁਣ ਚੁੱਘ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਭਾਰਤ ਨੇ ਹਰ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ ਅਤੇ ਅੱਜ ਪੂਰੀ ਦੁਨੀਆ ਭਾਰਤ ਦੀ ਵਧਦੀ ਤਾਕਤ ਅਤੇ ਸਨਮਾਨ ਨੂੰ ਮੰਨ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਵੀ ਕਈ ਇਤਿਹਾਸਕ ਫ਼ੈਸਲੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਨੂੰ ਜੀਐੱਸਟੀ ਤੋਂ ਛੋਟ ਦਿੱਤੀ ਗਈ। ਪੰਜਾਬ ਵਿੱਚ ਦੋ ਪੀਜੀਆਈ, ਇੱਕ ਏਮਜ਼, ਇੱਕ ਮੈਡੀਕਲ ਕਾਲਜ ਅਤੇ ਇੱਕ ਆਈਆਈਟੀ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ ਹਨ।
ਚੁੱਘ ਨੇ ਦੱਸਿਆ ਕਿ ਪੰਜਾਬ ਦੇ ਸੜਕੀ ਬੁਨਿਆਦੀ ਢਾਂਚੇ ਲਈ ਲਗਭਗ 40 ਹਜ਼ਾਰ ਕਰੋੜ ਰੁਪਏ ਅਤੇ ਰੇਲਵੇ ਦੇ ਵਿਕਾਸ ਲਈ ਕਰੀਬ 3 ਹਜ਼ਾਰ ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।











0 Comments