ਅੰਮ੍ਰਿਤਸਰ, 12 ਜੂਨ – ਸ੍ਰੀ ਹਰਿਮੰਦਰ ਸਾਹਿਬ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੁੱਧਵਾਰ ਦੇਰ ਸ਼ਾਮ ਬੇਅਦਬੀ ਕਰਨ ਦੀ ਇਕ ਕੋਸ਼ਿਸ਼ ਨੂੰ ਸੇਵਾਦਾਰਾਂ ਨੇ ਨਾਕਾਮ ਕਰ ਦਿੱਤਾ। ਜਾਣਕਾਰੀ ਅਨੁਸਾਰ ਇੱਕ 35 ਸਾਲਾ ਨੌਜਵਾਨ ਨੇ ਗੁਰਦੁਆਰੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸਾਹਮਣੇ ਰੱਖੀ ਤਲਵਾਰ ਚੁੱਕ ਲਈ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ।
ਇਸ ਘਟਨਾ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਪੱਸ਼ਟ ਤੌਰ 'ਤੇ ਬੇਅਦਬੀ ਦੀ ਘਟਨਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਹਿਲਾਂ ਮੱਥਾ ਟੇਕਣ ਤੋਂ ਬਾਅਦ ਪਰਿਕਰਮਾ ਕਰ ਰਿਹਾ ਸੀ ਅਤੇ ਇਸ ਦੌਰਾਨ ਉਸ ਨੇ ਅਚਾਨਕ ਤਲਵਾਰ ਚੁੱਕ ਲਈ।
ਗੁਰਦੁਆਰੇ ਅੰਦਰ ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਚੱਲ ਰਿਹਾ ਸੀ। ਸੇਵਾਦਾਰਾਂ ਨੇ ਮੁਸਤੈਦੀ ਦਿਖਾਉਂਦਿਆਂ ਦੋਸ਼ੀ ਨੂੰ ਤੁਰੰਤ ਕਾਬੂ ਕਰ ਲਿਆ ਅਤੇ ਅਗਲੀ ਕਾਰਵਾਈ ਲਈ ਸੁਰੱਖਿਆ ਏਜੰਸੀਆਂ ਦੇ ਹਵਾਲੇ ਕਰ ਦਿੱਤਾ।
ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੇ ਇਸ ਕਦਮ ਬਾਰੇ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ। ਉਸ ਨੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਆਇਆ ਸੀ ਅਤੇ ਕਿਸੇ ਦੇ ਕਹਿਣ 'ਤੇ ਇਹ ਕੰਮ ਨਹੀਂ ਕੀਤਾ। ਘਟਨਾ ਤੋਂ ਬਾਅਦ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












0 Comments