ਚੰਡੀਗੜ੍ਹ, 16 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਪਿਛਲੇ 10 ਸਾਲਾਂ ਤੋਂ ਇਨ੍ਹਾਂ ਮਾਮਲਿਆਂ 'ਤੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ "ਝਾੜੂ ਸਰਕਾਰ" ਵੱਲੋਂ ਮੁੜ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਹਰ ਜਾਂਚ ਵਿਚ ਪੂਰਾ ਸਹਿਯੋਗ ਦਿੰਦੇ ਰਹੇ ਹਨ ਅਤੇ ਹੁਣ ਵੀ ਜਿੱਥੇ ਵੀ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੰਜਾਬ ਦੇ ਲੋਕਾਂ ਨਾਲ ਇਕ ਵਾਅਦਾ ਹੈ ਕਿ ਜੇਕਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ।ਉਲੇਖਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਐਸ.ਆਈ.ਟੀ. ਵੱਲੋਂ ਉਨ੍ਹਾਂ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਭਾਜਪਾ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
.jpg)


0 Comments