ਅੰਮ੍ਰਿਤਸਰ, 18 ਅਗਸਤ (ਬਿਓਰੋ ਰਿਪੋਰਟ) — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੀ ਪਹਿਲਾਂ ਤੋਂ ਨਿਰਧਾਰਤ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਤਾਰੀਖ ਵੀ ਬਦਲ ਦਿੱਤੀ ਗਈ ਹੈ।ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 21 ਅਗਸਤ ਦੀ ਬਜਾਏ 22 ਅਗਸਤ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ ਅਤੇ ਇਸ ਮਸਲੇ ਲਈ ਕੀਤੇ ਜਾਂਦੇ ਹਰ ਸੰਘਰਸ਼ ਦਾ ਪੂਰਨ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ।ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਸਰਕਾਰ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ 21 ਅਗਸਤ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਮੇਤ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।
©Punjab Lok Samachar | All Rights Reserved
0 Comments