ਜਲੰਧਰ 23 ਸਤੰਬਰ - ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕਰੀਬ 10.84 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਜ਼ਿਲ੍ਹੇ ਦੀਆਂ 78 ਰੈਗੂਲਰ ਮੰਡੀਆਂ ਨੂੰ ਖ਼ਰੀਦ ਕੇਂਦਰ ਵਜੋਂ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਖ਼ਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਮਿੱਥੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।
©Punjab Lok Samachar | All Rights Reserved

0 Comments