ਚੰਡੀਗੜ੍ਹ, 18 ਸਤੰਬਰ - ਆਮ ਆਦਮੀ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ 20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪਾਰਟੀ ਦੇ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਅਤੇ ਵੱਖ-ਵੱਖ ਸਕੀਮਾਂ ਤਹਿਤ ਪਰਿਵਾਰਾਂ ਨੂੰ ਮਿਲੇ ਵਿੱਤੀ ਲਾਭ ਬਾਰੇ ਜਾਣੂ ਕਰਵਾਉਣਗੇ। ‘ਆਪ’ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਅੱਜ ਨਵੀਂ ਮੁਹਿੰਮ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਪਾਰਟੀ ਆਗੂਆਂ ਮੁਤਾਬਕ ਹਰ ਪਰਿਵਾਰ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਸਾਲਾਨਾ ਕਰੀਬ 1.82 ਲੱਖ ਰੁਪਏ ਦਾ ਵਿੱਤੀ ਲਾਭ ਮਿਲਿਆ ਹੈ। ਮੁਨੀਸ਼ ਸਿਸੋਦੀਆ ਨੇ ਦੱਸਿਆ ਕਿ ਪੰਜਾਬ ਵਿੱਚ 25,332 ਪੋਲਿੰਗ ਬੂਥ ਹਨ ਅਤੇ ਇਨ੍ਹਾਂ ਨਾਲ ਸਬੰਧਤ ਕਮੇਟੀਆਂ ਬਣੀਆਂ ਹੋਈਆਂ ਹਨ। ਉਨ੍ਹਾਂ ਅਨੁਸਾਰ ਕਰੀਬ 2.68 ਲੱਖ ਵਲੰਟੀਅਰ ਇਨ੍ਹਾਂ ਕਮੇਟੀਆਂ ਨਾਲ ਜੁੜੇ ਹਨ। ਇਹ ਵਲੰਟੀਅਰ 20 ਸਤੰਬਰ ਤੋਂ ਸੂਬੇ ਭਰ ਵਿੱਚ ਘਰ-ਘਰ ਜਾ ਕੇ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਦੇਣਗੇ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੀ ਜਵਾਨੀ ਅਤੇ ਪਾਣੀਆਂ ਨੂੰ ਬਚਾਉਣ ਲਈ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਲੰਟੀਅਰਾਂ ਦੀ ਜ਼ਿੰਮੇਵਾਰੀ ਹੈ ਕਿ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ। ਇਸ ਦੇ ਨਾਲ ਹੀ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਜਾਵੇਗੀ।ਅਮਨ ਅਰੋੜਾ ਨੇ ਪਿਛਲੀਆਂ ਸਰਕਾਰਾਂ ’ਤੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਕੰਮ ਕੀਤਾ ਹੈ।

0 Comments