ਵਿਧਾਇਕ ਸੇਖੋਂ ਤੇ ਵਿਧਾਇਕ ਅਮੋਲਕ ਸਿੰਘ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਫ਼ਰੀਦਕੋਟ, 21 ਸਤੰਬਰ - ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ ਤਿੰਨ ਰੋਜ਼ਾ ਪਸ਼ੂਧਨ ਤੇ ਕਿਸਾਨ ਮੇਲਾ ਸਾਦਿਕ ਰੋਡ ਸਥਿਤ ਦਾਣਾ ਮੰਡੀ, ਫ਼ਰੀਦਕੋਟ ਵਿਖੇ ਸ਼ੁਰੂ ਹੋ ਗਿਆ। ਮੇਲੇ ਦੇ ਉਦਘਾਟਨੀ ਸਮਾਗਮ ਵਿੱਚ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪਸ਼ੂ ਪਾਲਣ ਇੱਕ ਲਾਹੇਵੰਦ ਕਿੱਤਾ ਹੈ ਅਤੇ ਕਿਸਾਨਾਂ, ਖਾਸ ਕਰਕੇ ਨੌਜਵਾਨਾਂ ਨੂੰ ਇਸ ਕਿੱਤੇ ਨੂੰ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਸ਼ੂਧਨ ਮੁਕਾਬਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਕਾਮਯਾਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ ਕੁੱਤਿਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਪਸ਼ੂ ਪਾਲਕਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤਿੰਨ ਰੋਜ਼ਾ ਪਸ਼ੂਧਨ ਮੇਲੇ ਦੌਰਾਨ ਘੋੜਿਆਂ ਅਤੇ ਮੱਝਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ, ਪਸ਼ੂਆਂ ਦੀ ਸਿਹਤ ਸੰਭਾਲ, ਡੇਅਰੀ ਵਿਕਾਸ ਅਤੇ ਆਧੁਨਿਕ ਖੇਤੀਬਾੜੀ ਤੇ ਪਸ਼ੂ ਪਾਲਣ ਸਬੰਧੀ ਲੋੜੀਂਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਪਸ਼ੂਧਨ ਮੇਲੇ ਵਿੱਚ ਕਿਸੇ ਵੀ ਰਾਜ ਤੋਂ ਪਸ਼ੂ ਪਾਲਕ ਆ ਕੇ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ, ਚਾਰੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਸ਼ੂ ਪਾਲਕਾਂ ਦੇ ਰਹਿਣ ਲਈ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਪਸ਼ੂਧਨ ਮੁਕਾਬਲੇ ਪਸ਼ੂ ਮਾਲਕਾਂ ਨੂੰ ਆਪਣੇ ਪਸ਼ੂਆਂ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਦੇਖਭਾਲ ਤੇ ਪ੍ਰਬੰਧਨ ਲਈ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਕਰਨ ਦੇ ਨਾਲ-ਨਾਲ ਪਸ਼ੂਆਂ ਦੀਆਂ ਨਸਲਾਂ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲਾ ਪਸ਼ੂਧਨ ਤੇ ਕਿਸਾਨ ਮੇਲਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਪੰਜਾਬ ਦੇ ਹਰ ਕੋਨੇ ਤੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਫ਼ਰੀਦਕੋਟ ਪਹੁੰਚ ਕੇ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਇਸ ਇਤਿਹਾਸਕ ਮੇਲੇ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਬਾਬਾ, ਡਾ. ਹਰਵੀਨ ਕੌਰ ਧਾਲੀਵਾਲ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ, ਡਾ. ਜਸਵਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਡਾ. ਸੁਰਜੀਤ ਸਿੰਘ ਮੱਲ, ਸਹਾਇਕ ਡਾਇਰੈਕਟਰ ਪਸ਼ੂ ਪਾਲਣ, ਡਾ. ਜਸਵਿੰਦਰ ਗਰਗ, ਸਹਾਇਕ ਡਾਇਰੈਕਟਰ, ਡਾ. ਹਿਮਾਂਸ਼ੂ ਸਿਆਲ, ਡਿਪਟੀ ਡਾਇਰੈਕਟਰ, ਡਾ. ਗੁਰਦਿੱਤ ਸਿੰਘ, ਡਿਪਟੀ ਡਾਇਰੈਕਟਰ, ਡਾ. ਕੇਵਲ ਅਰੋੜਾ, ਤਹਿਸੀਲਦਾਰ ਸ੍ਰੀ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

0 Comments