ਫ਼ਿਰੋਜ਼ਪੁਰ 22 ਸਤੰਬਰ (ਸਟਾਫ਼ ਰਿਪੋਟਰ) - 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ 22 ਤੋਂ 25 ਸਤੰਬਰ ਤੱਕ ਫ਼ਿਰੋਜ਼ਪੁਰ ਵਿਖੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਡਰ-19 ਵਰਗ ਦੀਆਂ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥਣਾਂ ਵਿੱਚ ਖੇਡ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਖੇਡ ਮੈਦਾਨਾਂ ਦੀ ਤਿਆਰੀ, ਰਿਹਾਇਸ਼, ਖਾਣ-ਪੀਣ, ਸੁਰੱਖਿਆ ਅਤੇ ਮੈਡੀਕਲ ਸਹੂਲਤਾਂ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਐੱਮ.ਐੱਲ.ਐੱਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਕੈਂਟ ਵਿਖੇ ਮੀਟਿੰਗ ਕਰਕੇ ਖੇਡ ਮੈਦਾਨਾਂ ਦਾ ਨਿਰੀਖਣ ਵੀ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਦਾ ਸੂਬਾ ਪੱਧਰ ’ਤੇ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਗੇ ਅਤੇ ਭਵਿੱਖ ਵਿੱਚ ਉੱਚ ਪੱਧਰ ’ਤੇ ਖੇਡਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਦਲਬੀਰ ਸਿੰਘ, ਨਵਿੰਦਰ ਕੁਮਾਰ, ਜਸਵੀਰ ਕੌਰ, ਸੂਰਜ ਪ੍ਰਕਾਸ਼, ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ, ਵਰਿੰਦਰਪਾਲ ਸਿੰਘ, ਨੇਹਾ ਖਾਨ, ਮਨਦੀਪ ਕੌਰ ਅਤੇ ਅਮਨਦੀਪ ਕੌਰ ਸਮੇਤ ਹੋਰ ਹਾਜ਼ਰ ਸਨ।

0 Comments