ਜਲੰਧਰ 22 ਸਤੰਬਰ - ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸ੍ਰੀ ਸਤਿੰਦਰ ਸਿੰਘ ਨੇ ਅੱਜ ਇਤਿਹਾਸਕ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋ ਕੇ ਸਾਲਾਨਾ ਮੇਲੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਅਧਿਕਾਰੀਆਂ ਨੇ ਮੰਦਰ ਕੰਪਲੈਕਸ ਦਾ ਦੌਰਾ ਕਰਦਿਆਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਲਈ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ 20 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਦੇ ਮੱਦੇਨਜ਼ਰ ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਅਤੇ ਹੋਰ ਅਹਿਮ ਥਾਵਾਂ ’ਤੇ ਲੋੜੀਂਦਾ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ। ਪ੍ਰਬੰਧਾਂ ਵਿੱਚ ਬਿਹਤਰ ਤਾਲਮੇਲ ਅਤੇ ਤੁਰੰਤ ਕਾਰਵਾਈ ਲਈ ਮੰਦਰ ਕੰਪਲੈਕਸ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ। ਮੇਲੇ ਦੌਰਾਨ ਟ੍ਰੈਫਿਕ ਡਾਈਵਰਜਨ, ਪਾਰਕਿੰਗ, ਭੀੜ ਪ੍ਰਬੰਧਨ, ਸਫਾਈ ਅਤੇ ਨਾਗਰਿਕ ਸਹੂਲਤਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

0 Comments