ਪਟਿਆਲਾ, 2 ਸਤੰਬਰ - ਰਾਹੁਲ ਗਾਂਧੀ ਵਿਰੁੱਧ ਉਤਰਾਖੰਡ ਪੁਲੀਸ ਵੱਲੋਂ ਕੇਸ ਦਰਜ ਕਰਨ ਅਤੇ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਵਾਲੀ ਥਾਂ ਦਾ ਭਾਜਪਾ ਤੇ ਆਰਐੱਸਐੱਸ ਵਰਕਰਾਂ ਵੱਲੋਂ ਕਥਿਤ ਸ਼ੁੱਧੀਕਰਨ ਕਰਨ ਦੇ ਵਿਰੋਧ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਪਟਿਆਲਾ ਵਿੱਚ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫੁਹਾਰਾ ਚੌਕ ਤੱਕ ਰੋਸ ਮਾਰਚ ਕੀਤਾ। ਇਸ ਵਿੱਚ ਪਟਿਆਲਾ ਦੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਸਮੇਤ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਡਾ. ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਰਾਹੁਲ ਗਾਂਧੀ ਸੰਘਰਸ਼ ਕਰ ਰਹੇ ਹਨ। ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਲੋਕ ਅੰਦੋਲਨਾਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਲੋਕ ਅਜਿਹੇ ਦਬਾਅ ਅੱਗੇ ਨਹੀਂ ਝੁਕਣਗੇ। ਇਸੇ ਤਰ੍ਹਾਂ ਸੰਗਰੂਰ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਦੇਵ ਗਾਗਾ ਦੀ ਅਗਵਾਈ ਹੇਠ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਚੌਕ ਤੋਂ ਭਾਜਪਾ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਕਾਂਗਰਸੀ ਵਰਕਰਾਂ ਨੇ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਪੁਲੀਸ ਵੱਲੋਂ ਭਾਜਪਾ ਦਫ਼ਤਰ ਅੱਗੇ ਕੀਤੀ ਨਾਕਾਬੰਦੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਦਫ਼ਤਰ ਦੇ ਵਿਹੜੇ ਤੱਕ ਪਹੁੰਚ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਪੁਲੀਸ ਨੇ ਬਾਹਰ ਕੱਢਿਆ। ਇਸ ਮੌਕੇ ਜਗਦੇਵ ਗਾਗਾ ਅਤੇ ਰਾਜਿੰਦਰ ਦੀਪਾ ਸੁਨਾਮ ਨੇ ਕਿਹਾ ਕਿ ਮਾਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਰਾਹੁਲ ਗਾਂਧੀ ਦੇ ਨਾਲ ਡਟ ਕੇ ਖੜ੍ਹੀ ਹੈ।

0 Comments