ਨਵੀਂ ਦਿੱਲੀ, 12 ਨਵੰਬਰ - ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੀ ਪੋਲੀਟੀਕਲ ਅਫੇਅਰਜ਼ ਕਮੇਟੀ (PAC) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸ਼ਾਮ 4 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਦਿੱਲੀ ਪਹੁੰਚ ਰਹੇ ਹਨ।PAC ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਚਾਲੇ ਉੱਚ-ਪੱਧਰੀ ਮੀਟਿੰਗ ਹੋਵੇਗੀ। ਇਸ ਦੌਰਾਨ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਅਤੇ ਮੌਜੂਦਾ ਵਿਧਾਇਕਾਂ ਦੇ ਪਿਛਲੇ ਕਾਰਜਕਾਲ ਦੀ ਸਮੀਖਿਆ ਕੀਤੇ ਜਾਣ ਦੀ ਸੰਭਾਵਨਾ ਹੈ।
ਪਾਰਟੀ ਸੂਤਰਾਂ ਅਨੁਸਾਰ, ਉਮੀਦਵਾਰਾਂ ਦੀ ਚੋਣ ਲਈ ਅੰਦਰੂਨੀ ਸਰਵੇਖਣਾਂ ਅਤੇ ਜ਼ਮੀਨੀ ਪੱਧਰ ਤੋਂ ਮਿਲ ਰਹੇ ਫੀਡਬੈਕ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਇਸੇ ਆਧਾਰ 'ਤੇ ਚੋਣ ਮੈਦਾਨ ਵਿੱਚ ਉਤਾਰੇ ਜਾਣ ਵਾਲੇ ਚਿਹਰਿਆਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ।ਸ਼ਾਮ 4 ਵਜੇ ਹੋਣ ਵਾਲੀ PAC ਦੀ ਮੀਟਿੰਗ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਦੀ ਪ੍ਰਬਲ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸੂਚੀ ਵਿੱਚ ਕਈ ਨਵੇਂ ਚਿਹਰਿਆਂ ਅਤੇ ਸਰਗਰਮ ਹਲਕਾ ਇੰਚਾਰਜਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਕਈ ਪ੍ਰਮੁੱਖ ਮੰਤਰੀਆਂ ਦੇ ਨਾਵਾਂ ਨੂੰ ਵੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦੀ ਚਰਚਾ ਹੈ।
ਪਹਿਲੀ ਸੂਚੀ ਤੋਂ ਬਾਅਦ ਹੁਣ ਦੂਜੀ ਸੂਚੀ ਵਿੱਚ ਮਾਲਵਾ ਦੇ ਨਾਲ-ਨਾਲ ਮਾਝਾ ਅਤੇ ਦੁਆਬਾ ਖੇਤਰ ਦੀਆਂ ਅਹਿਮ ਵਿਧਾਨ ਸਭਾ ਸੀਟਾਂ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਉਮੀਦਵਾਰ ਐਲਾਨਿਆ ਗਿਆ ਸੀ।ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 40 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਣ ਤੋਂ ਬਾਅਦ ਹੁਣ ਬਾਕੀ ਰਹਿੰਦੀਆਂ 77 ਸੀਟਾਂ 'ਤੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਪਾਰਟੀ ਨੇ ਸਰਗਰਮੀ ਵਧਾ ਦਿੱਤੀ ਹੈ। ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀ PAC ਦੀ ਮੀਟਿੰਗ ਅਤੇ ਦੂਜੀ ਸੂਚੀ 'ਤੇ ਟਿਕੀਆਂ ਹੋਈਆਂ ਹਨ।

.jpg)

0 Comments