ਚੰਡੀਗੜ੍ਹ, 9 ਨਵੰਬਰ - ਚੰਡੀਗੜ੍ਹ ਵਿੱਚ ਆਗਾਮੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਦੀ ਮੈਂਬਰਸ਼ਿਪ ਹਾਸਲ ਕੀਤੀ।ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ਗੁਜਰਾਲ ਇਸ ਸਮੇਂ ਕਾਂਗਰਸ ਦੇ ਜਨਰਲ ਸਕੱਤਰ ਹਨ ਅਤੇ ਆਗਾਮੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਬਣਾਈ ਗਈ ਚੋਣ ਮੁਹਿੰਮ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ ਸਾਲ 2016 ਵਿੱਚ ਕਾਂਗਰਸ ਦੀ ਟਿਕਟ ’ਤੇ ਵਾਰਡ ਨੰਬਰ 23 ਤੋਂ ਕੌਂਸਲਰ ਚੁਣੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਗੁਜਰਾਲ ਪਰਿਵਾਰ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਚੰਡੀਗੜ੍ਹ ਵਿੱਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਨਵੀਂ ਲਹਿਰ ਦੀ ਸ਼ੁਰੂਆਤ ਹੈ।ਵਿੱਲੀ ਨੇ ਕਿਹਾ ਕਿ ਪਾਰਟੀ ਇਸ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤਣ ਦੇ ਟੀਚੇ ਨਾਲ ਮੈਦਾਨ ਵਿੱਚ ਉਤਰੇਗੀ। ਅਕਾਲੀ ਦਲ ਸ਼ਹਿਰ ਦੇ ਵਿਕਾਸ ਅਤੇ ਹਾਂ-ਪੱਖੀ ਸਿਆਸਤ ਦੇ ਮੁੱਦੇ ’ਤੇ ਚੋਣ ਲੜੇਗਾ।
ਇਸ ਮੌਕੇ ਸਾਬਕਾ ਮੇਅਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਮੈਂਬਰ ਹਰਜਿੰਦਰ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵਾਰਡ ਨੰਬਰ 23 ਤੋਂ ਕਈ ਵਾਰ ਨਗਰ ਨਿਗਮ ਕੌਂਸਲਰ ਚੁਣੀ ਜਾ ਚੁੱਕੀ ਹੈ ਅਤੇ ਇਸ ਵਾਰਡ ਦੇ ਵਸਨੀਕਾਂ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ।ਉੱਧਰ, ਅਮਰਜੀਤ ਸਿੰਘ ਗੁਜਰਾਲ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਆਗਾਮੀ ਨਗਰ ਨਿਗਮ ਚੋਣਾਂ ਲਈ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਵਾਰਡ ਨੰਬਰ 23 ਤੋਂ ਚੋਣ ਲੜ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਇਲਾਕੇ ਦੇ ਕਈ ਵਸਨੀਕ ਅਤੇ ਪਾਰਟੀ ਸਮਰਥਕ ਵੀ ਹਾਜ਼ਰ ਸਨ।



0 Comments