ਬਠਿੰਡਾ, 26 ਨਵੰਬਰ - ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਈ ਗਈ ਵਿਸ਼ਾਲ ਪੰਜਾਬ ਪੱਧਰੀ ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ਨੂੰ ਲੈ ਕੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਦੋਵਾਂ ਪਾਰਟੀਆਂ ਦੇ ਪੁਰਾਣੇ ਸਿਆਸੀ ਬਿਆਨਾਂ ਅਤੇ ਮੌਜੂਦਾ ਸਿਆਸੀ ਗੱਠਜੋੜ ’ਤੇ ਸਵਾਲ ਚੁੱਕਦਿਆਂ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਨੇ ਇੱਕ-ਦੂਜੇ ਨੂੰ ਸਿਆਸੀ ਵਿਰੋਧੀ ਦੱਸ ਕੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ, ਪਰ ਹੁਣ ਸਿਆਸੀ ਹਿੱਤਾਂ ਦੀ ਪੂਰਤੀ ਲਈ ਪਾਰਟੀਆਂ ਮੁੜ ਇਕੱਠੀਆਂ ਹੋਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸਨ ਅਤੇ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ ਤਾਂ ਉਸ ਸਮੇਂ ਭਾਜਪਾ ਵਿਰੁੱਧ ਲਏ ਗਏ ਸਟੈਂਡ ਦਾ ਹੁਣ ਕੀ ਬਣਿਆ ਹੈ।ਭਗਵੰਤ ਮਾਨ ਨੇ ਭਾਜਪਾ ’ਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਵੀ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਹਿਮ ਮਸਲਿਆਂ ਨੂੰ ਹੱਲ ਕਰਵਾਉਣ ਦੀ ਬਜਾਏ ਵਿਰੋਧੀ ਪਾਰਟੀਆਂ ਕੁਰਸੀ ਦੀ ਲੜਾਈ ਵਿੱਚ ਉਲਝੀਆਂ ਹੋਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਦੀ ਪਿਛਲੀ ਸਰਕਾਰ ਅਤੇ ਸੂਬੇ ਦੇ ਕਾਂਗਰਸੀ ਆਗੂਆਂ ਨੂੰ ਵੀ ਘੇਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਏਜੰਡਾ ਨਹੀਂ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ ਸੂਬੇ ਵਿੱਚ ਹੁਣ ਤੱਕ 77 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਲਗਪਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਕਾਰਡ ਬਣਵਾਉਣ ਦੀ ਅਪੀਲ ਵੀ ਕੀਤੀ।ਆਪਣੇ ਸੰਬੋਧਨ ਦੇ ਅਖੀਰ ਵਿੱਚ ਭਗਵੰਤ ਮਾਨ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕਿੰਨੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਰੈਲੀ ਵਿੱਚ ਲੋਕਾਂ ਵੱਲੋਂ ਦਿੱਤੇ ਹੁੰਗਾਰੇ ਨੂੰ ਆਪਣੀ ਸਰਕਾਰ ਪ੍ਰਤੀ ਸਮਰਥਨ ਕਰਾਰ ਦਿੱਤਾ।ਦੂਜੇ ਪਾਸੇ, ਮੋਗਾ ਵਿਖੇ ਹੋਈ ਇਸ ਵੱਡੀ ਰੈਲੀ ਦਾ ਅਸਰ ਬਠਿੰਡਾ ਦੀ ਬੱਸ ਆਵਾਜਾਈ ’ਤੇ ਵੀ ਦੇਖਣ ਨੂੰ ਮਿਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰੈਲੀ ਵਿੱਚ ਵਰਕਰਾਂ ਅਤੇ ਸਮਰਥਕਾਂ ਨੂੰ ਲਿਜਾਣ ਲਈ ਬਠਿੰਡਾ ਤੋਂ ਪੀਆਰਟੀਸੀ, ਕਿਲੋਮੀਟਰ ਸਕੀਮ ਅਤੇ ਨਿੱਜੀ ਮਿੰਨੀ ਬੱਸਾਂ ਸਮੇਤ ਤਕਰੀਬਨ 200 ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਕਾਰਨ ਆਮ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਬੱਸ ਅੱਡਿਆਂ ’ਤੇ ਮੁਸਾਫ਼ਰ ਲੰਮੇ ਸਮੇਂ ਤੱਕ ਬੱਸਾਂ ਦੀ ਉਡੀਕ ਕਰਦੇ ਨਜ਼ਰ ਆਏ।

.jpg)

0 Comments