ਬੇਗੋਵਾਲ, 12 ਨਵੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਫਿਲਹਾਲ ਟਲ ਗਈ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 13 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਬੁਲਾਇਆ ਗਿਆ ਹੈ। ਇਸ ਕਾਰਨ ਬੀਬੀ ਜਗੀਰ ਕੌਰ ਦੀ ਪਾਰਟੀ ਵਿੱਚ ਵਾਪਸੀ ਸਬੰਧੀ ਤੈਅ ਕੀਤੇ ਗਏ ਸਮਾਗਮ ਨੂੰ ਲੈ ਕੇ ਅਨਿਸ਼ਚਿਤਤਾ ਬਣ ਗਈ ਹੈ।ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਘਰ ਵਾਪਸੀ ਦੀਆਂ ਚਰਚਾਵਾਂ ਨੇ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਹਲਚਲ ਪੈਦਾ ਕਰ ਦਿੱਤੀ ਸੀ। ਉਨ੍ਹਾਂ ਦੇ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਦੀਆਂ ਖ਼ਬਰਾਂ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੀ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਸਨ।
ਦੱਸਿਆ ਜਾ ਰਿਹਾ ਸੀ ਕਿ 13 ਨਵੰਬਰ ਨੂੰ ਬੀਬੀ ਜਗੀਰ ਕੌਰ ਦੇ ਗ੍ਰਹਿ ਨਗਰ ਬੇਗੋਵਾਲ ਵਿਖੇ ਵੱਡਾ ਸਮਾਗਮ ਕਰਵਾਇਆ ਜਾਣਾ ਸੀ, ਜਿਸ ਵਿੱਚ ਭੁਲੱਥ ਹਲਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ। ਚਰਚਾ ਸੀ ਕਿ ਇਸ ਮੌਕੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਇਹ ਸਮਾਗਮ ਸੰਤ ਪ੍ਰੇਮ ਸਿੰਘ ਮੁਰਾਲੇਵਾਲੇ ਦੇ ਡੇਰੇ ਵਿਖੇ ਹੋਣ ਦੀ ਸੰਭਾਵਨਾ ਸੀ, ਜਿੱਥੇ ਬੀਬੀ ਜਗੀਰ ਕੌਰ ਮੁੱਖ ਸੇਵਾਦਾਰ ਹਨ।'ਦਿ ਟ੍ਰਿਬਿਊਨ' ਸਮੂਹ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਵੀ ਪਾਰਟੀ ਵਿੱਚ ਵਾਪਸੀ ਸਬੰਧੀ ਚਰਚਾਵਾਂ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਧਾਰ ਪਾਰਟੀ ਦੇ ਅੰਦਰ ਰਹਿ ਕੇ ਹੀ ਕੀਤਾ ਜਾ ਸਕਦਾ ਹੈ, ਬਾਹਰ ਰਹਿ ਕੇ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਸੁਧਾਰ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਬਣਾ ਕੇ ਰੱਖਣ ਨੂੰ ਵੀ ਜ਼ਰੂਰੀ ਦੱਸਿਆ ਸੀ।ਹੁਣ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਦੌਰੇ ਕਾਰਨ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਨੂੰ ਲੈ ਕੇ ਅਗਲੇ ਸਿਆਸੀ ਕਦਮਾਂ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

.jpg)

0 Comments