ਲੁਧਿਆਣਾ, 7 ਨਵੰਬਰ - ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਪਿਛਲੇ ਕੁਝ ਸਮੇਂ ਤੋਂ ਹਲਕੇ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਅਤੇ ਤਿਉਹਾਰਾਂ ਦੀਆਂ ਵਧਾਈਆਂ ਦੇ ਪੋਸਟਰ ਲਗਾਏ ਜਾ ਰਹੇ ਹਨ, ਜਿਸ ਨੂੰ ਉਨ੍ਹਾਂ ਦੀ ਚੋਣ ਤਿਆਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਹਾਲ ਹੀ ਵਿੱਚ ਲੁਧਿਆਣਾ ਦੇ ਸਿਵਲ ਸਿਟੀ ਇਲਾਕੇ ਵਿੱਚ ਉਨ੍ਹਾਂ ਵੱਲੋਂ ਕੋਠੀ ਖਰੀਦਣ ਅਤੇ ਉੱਥੇ ਘਰੇਲੂ ਸਾਮਾਨ ਭੇਜਣ ਦੀਆਂ ਚਰਚਾਵਾਂ ਨੇ ਵੀ ਇਨ੍ਹਾਂ ਕਿਆਸਅਰਾਈਆਂ ਨੂੰ ਹੋਰ ਹਵਾ ਦਿੱਤੀ ਹੈ। ਹਾਲਾਂਕਿ ਭਾਜਪਾ ਵੱਲੋਂ ਅਜੇ ਤੱਕ ਉਨ੍ਹਾਂ ਦੀ ਉਮੀਦਵਾਰੀ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਲੁਧਿਆਣਾ ਉੱਤਰੀ ਹਲਕਾ ਸਿਆਸੀ ਪੱਖੋਂ ਕਾਫ਼ੀ ਅਹਿਮ ਮੰਨਿਆ ਜਾਂਦਾ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਕੇਸ਼ ਪਾਂਡੇ ਇੱਥੋਂ ਸੱਤ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ, ਜਦਕਿ ਮਰਹੂਮ ਭਾਜਪਾ ਆਗੂ ਹਰੀਸ਼ ਬੇਦੀ ਵੀ ਇਸ ਸੀਟ ਤੋਂ ਜਿੱਤ ਹਾਸਲ ਕਰ ਚੁੱਕੇ ਹਨ। ਦੂਜੇ ਪਾਸੇ ਭਾਜਪਾ ਆਗੂ ਪ੍ਰਵੀਨ ਬਾਂਸਲ ਤਿੰਨ ਵਾਰ ਇਸ ਹਲਕੇ ਤੋਂ ਚੋਣ ਲੜੇ, ਪਰ ਉਨ੍ਹਾਂ ਨੂੰ ਜਿੱਤ ਨਹੀਂ ਮਿਲ ਸਕੀ।ਕੇਵਲ ਸਿੰਘ ਢਿੱਲੋਂ ਦਾ ਸਿਆਸੀ ਤਜਰਬਾ ਵੀ ਭਾਜਪਾ ਲਈ ਅਹਿਮ ਸਾਬਤ ਹੋ ਸਕਦਾ ਹੈ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਸਿਆਸੀ ਮਾਹਿਰਾਂ ਅਨੁਸਾਰ ਜੇਕਰ ਪਾਰਟੀ ਉਨ੍ਹਾਂ ਨੂੰ ਲੁਧਿਆਣਾ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਦੀ ਹੈ ਤਾਂ ਇਸ ਦਾ ਪ੍ਰਭਾਵ ਸ਼ਹਿਰ ਦੀਆਂ ਹੋਰ ਵਿਧਾਨ ਸਭਾ ਸੀਟਾਂ 'ਤੇ ਵੀ ਪੈ ਸਕਦਾ ਹੈ।
ਭਾਜਪਾ ਦੀ ਨਜ਼ਰ ਲੁਧਿਆਣਾ ਸ਼ਹਿਰ ਦੀਆਂ ਛੇ ਵਿਧਾਨ ਸਭਾ ਸੀਟਾਂ 'ਤੇ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਉੱਤੇ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਲੁਧਿਆਣਾ ਸ਼ਹਿਰ ਦੀਆਂ ਪੰਜ ਵਿਧਾਨ ਸਭਾ ਸੀਟਾਂ 'ਤੇ ਲੀਡ ਮਿਲੀ ਸੀ, ਜਿਸ ਨੂੰ ਭਾਜਪਾ ਸ਼ਹਿਰੀ ਖੇਤਰਾਂ ਵਿੱਚ ਆਪਣੇ ਵਧਦੇ ਪ੍ਰਭਾਵ ਵਜੋਂ ਦੇਖ ਰਹੀ ਹੈ।ਹਾਲ ਹੀ ਵਿੱਚ ਲੁਧਿਆਣਾ ਵਿੱਚ ਹੋਏ ਦਸਹਿਰਾ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਮੂਲੀਅਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੀ ਹਲਕੇ ਵਿੱਚ ਵਧੀ ਸਰਗਰਮੀ ਵੀ ਸਿਆਸੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਫਿਲਹਾਲ ਉਮੀਦਵਾਰੀ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਣਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਹਲਕੇ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਤਿਕੋਣਾ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।

.jpg)

0 Comments