ਚੰਡੀਗੜ੍ਹ, 15 ਨਵੰਬਰ - ਪੰਜਾਬ ਵਿੱਚ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਕਾਰਨ ਸੂਬੇ ਦੇ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਅੱਜ 15 ਨਵੰਬਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।ਇਸੇ ਦੌਰਾਨ ਜਲੰਧਰ ਵਿੱਚ ਅੱਜ ਸਵੇਰੇ ਹਲਕੀ ਕਿਣ-ਮਿਣ ਅਤੇ ਫਗਵਾੜਾ ਵਿੱਚ ਮੀਂਹ ਪੈਣ ਕਾਰਨ ਮੌਸਮ ਵਿੱਚ ਠੰਢਕ ਵਧ ਗਈ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਅਨੁਸਾਰ ਪਾਕਿਸਤਾਨ ਦੇ ਉੱਪਰ ਨਵੀਂ ਪੱਛਮੀ ਗੜਬੜੀ ਸਰਗਰਮ ਹੋਈ ਹੈ, ਜਿਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਇਸ ਤੋਂ ਪਹਿਲਾਂ ਸਰਗਰਮ ਹੋਈ ਪੱਛਮੀ ਗੜਬੜੀ ਉੱਤਰ-ਪੂਰਬ ਵੱਲ ਅੱਗੇ ਲੰਘ ਚੁੱਕੀ ਹੈ।ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 4.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਪਠਾਨਕੋਟ ਵਿੱਚ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 16 ਨਵੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਅੱਜ ਤੋਂ ਕੁਝ ਇਲਾਕਿਆਂ ਵਿੱਚ ਰਾਤ ਅਤੇ ਸਵੇਰ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ।ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ, ਪਰ ਇਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵੇਰੇ ਅਤੇ ਰਾਤ ਸਮੇਂ ਹੋਰ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

.jpg)

0 Comments