+
ਚੰਡੀਗੜ੍ਹ, 7 ਨਵੰਬਰ - ਪਾਕਿਸਤਾਨ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਹੀਨੇ ਲਾਹੌਰ ਵਿਖੇ ਹੋਣ ਵਾਲੀ ‘ਵਿਸ਼ਵ ਪੰਜਾਬੀ ਕਾਨਫਰੰਸ’ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸੱਜਾਦ ਹੈਦਰ ਖ਼ਾਨ ਨੇ ਸ਼ੁੱਕਰਵਾਰ ਨੂੰ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਮੁੱਖ ਮੰਤਰੀ ਵੱਲੋਂ ਵੀਜ਼ੇ ਲਈ ਅਰਜ਼ੀ ਦਿੱਤੀ ਜਾਂਦੀ ਹੈ ਤਾਂ ਪਾਕਿਸਤਾਨ ਸਰਕਾਰ ਇਸ ਮਾਮਲੇ ਵਿੱਚ ਸਕਾਰਾਤਮਕ ਰੁਖ਼ ਅਪਣਾਏਗੀ। ਹਾਲਾਂਕਿ, ਭਾਰਤ ਸਰਕਾਰ ਵੱਲੋਂ ਉਨ੍ਹਾਂ ਦੇ ਦੌਰੇ ਨੂੰ ਮਨਜ਼ੂਰੀ ਦੇਣਾ ਵੱਖਰਾ ਮਾਮਲਾ ਹੋਵੇਗਾ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 23 ਅਕਤੂਬਰ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ 27 ਨਵੰਬਰ ਨੂੰ ਲਾਹੌਰ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਉਨ੍ਹਾਂ ਕਿਹਾ ਸੀ ਕਿ ਪੰਜਾਬ ਅਤੇ ਪਾਕਿਸਤਾਨ ਦਾ ਸੱਭਿਆਚਾਰ ਸਾਂਝਾ ਹੈ ਅਤੇ ਪੰਜਾਬ ਤੋਂ ਕਈ ਨਾਮਵਰ ਸ਼ਾਇਰ ਤੇ ਸਾਹਿਤਕਾਰ ਵੀ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਣ ਬਾਰੇ ਸ਼ੰਕਾ ਵੀ ਜਤਾਈ ਸੀ।
ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਇੱਛਾ ਵੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਲਾਂਘਾ ਖੁੱਲ੍ਹਦਾ ਹੈ ਤਾਂ ਉਹ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਾ ਚਾਹੁੰਦੇ ਹਨ।ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਲ ਜੋੜਦਾ ਹੈ। ਇਸ ਲਾਂਘੇ ਰਾਹੀਂ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਤੋਂ ਦਰਸ਼ਨ ਕਰਨ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾਂਦੀ ਹੈ। ਪਰ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ 7 ਮਈ 2025 ਨੂੰ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਮਗਰੋਂ ਇਹ ਲਾਂਘਾ ਭਾਰਤ ਵਾਲੇ ਪਾਸਿਓਂ ਬੰਦ ਹੈ।ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪਾਬੰਦੀਆਂ ਹਟਣ ਤੋਂ ਬਾਅਦ ਪਾਕਿਸਤਾਨ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2025 ਦੌਰਾਨ 9,000 ਤੋਂ ਵੱਧ ਭਾਰਤੀ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਬਾਬਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਸਬੰਧੀ 1974 ਦੇ ਸਮਝੌਤੇ ਪ੍ਰਤੀ ਆਪਣੀ ਵਚਨਬੱਧਤਾ ਵੀ ਦੁਹਰਾਈ।

.jpg)

0 Comments