ਅਜਨਾਲਾ, 11 ਨਵੰਬਰ - ਸ਼੍ਰੋਮਣੀ ਅਕਾਲੀ ਦਲ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਅਜਨਾਲਾ ਵਿਖੇ ‘ਮਾਵਾਂ-ਧੀਆਂ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਦੇ ਨਾਅਰੇ ਹੇਠ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ।
ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਅਨੇਕਾਂ ਮਾਵਾਂ ਦੇ ਪੁੱਤ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਬੱਚੇ ਅਨਾਥ ਹੋ ਰਹੇ ਹਨ ਅਤੇ ਕਈ ਔਰਤਾਂ ਵਿਧਵਾ ਹੋ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰਾਂ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਧਦੇ ਕਾਰੋਬਾਰ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਇੰਨੇ ਵੱਡੇ ਪੱਧਰ ’ਤੇ ਨਸ਼ਿਆਂ ਦਾ ਕਾਰੋਬਾਰ ਚੱਲਣਾ ਸੰਭਵ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਨਾਲ-ਨਾਲ ਪਿਛਲੀ ਕਾਂਗਰਸ ਸਰਕਾਰ ਨੂੰ ਵੀ ਘੇਰਦਿਆਂ ਪੁੱਛਿਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਖ਼ਿਲਾਫ਼ ਕੀ ਠੋਸ ਕਾਰਵਾਈ ਕੀਤੀ ਗਈ ਹੈ।
ਬੀਬਾ ਬਾਦਲ ਨੇ ਕਿਹਾ ਕਿ ਨਸ਼ਾ ਭਾਵੇਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਿਹਾ ਹੋਵੇ ਜਾਂ ਪੰਜਾਬ ਅੰਦਰ ਵੇਚਿਆ ਜਾ ਰਿਹਾ ਹੋਵੇ, ਇਸ ਨੂੰ ਰੋਕਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਸਿਰਫ਼ ਓਵਰਡੋਜ਼ ਦੱਸ ਕੇ ਮਾਮਲਾ ਖ਼ਤਮ ਨਹੀਂ ਕੀਤਾ ਜਾ ਸਕਦਾ। ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।
ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਸਵਾਲਾਂ ਤੋਂ ਘਬਰਾਈ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਸਰਕਾਰ ਤੋਂ ਉਸ ਦੇ ਕੰਮਾਂ ਅਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਣਗੇ।
ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਰਿਆਇਤਾਂ ਬਾਰੇ ਬੋਲਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਛੋਟੀਆਂ-ਮੋਟੀਆਂ ਰਕਮਾਂ ਦੇ ਕੇ ਔਰਤਾਂ ਦੀਆਂ ਵੋਟਾਂ ਨਹੀਂ ਖਰੀਦੀਆਂ ਜਾ ਸਕਦੀਆਂ। ਪੰਜਾਬ ਦੀਆਂ ਔਰਤਾਂ ਆਪਣੇ ਪਰਿਵਾਰਾਂ ਅਤੇ ਸੂਬੇ ਦੇ ਭਵਿੱਖ ਬਾਰੇ ਫ਼ੈਸਲਾ ਲੈਣ ਦੇ ਸਮਰੱਥ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਹੁਣ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੀਆਂ ਹਨ। ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਰਕਾਰਾਂ ਨੂੰ ਜਵਾਬਦੇਹ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਉਨ੍ਹਾਂ ਦੀ ਧਰਮਪਤਨੀ ਅਤੇ ਹੋਰਨਾਂ ਮਹਿਲਾ ਆਗੂਆਂ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।



0 Comments