ਜਗਰਾਉਂਂ (ਲੁਧਿਆਣਾ), 16 ਨਵੰਬਰ - ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਕਾਰਨ ਨੌਜਵਾਨ ਪੀੜ੍ਹੀ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ ਅਤੇ ਨਸ਼ਿਆਂ ਦੀ ਭੇਟ ਚੜ੍ਹੇ ਨੌਜਵਾਨਾਂ ਦੇ ਪਰਿਵਾਰਾਂ ਦਾ ਦਰਦ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਜਗਰਾਉਂ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕਰਵਾਈ ਗਈ ‘ਮਾਵਾਂ-ਧੀਆਂ ਲਲਕਾਰ’ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।ਬੀਬੀ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸੇ ਵੀ ਮਾਂ ਦਾ ਪੁੱਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਨਹੀਂ ਮਰਿਆ, ਜਦਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਪੰਜਾਬ ਨਸ਼ਿਆਂ ਦੇ ਮਾਮਲੇ ਵਿੱਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਅਤੇ ਅਨਾਥ ਹੋ ਰਹੇ ਬੱਚਿਆਂ ਦੀਆਂ ਤ੍ਰਾਸਦੀਆਂ ਨੂੰ ਸਿਰਫ਼ ਸਰਕਾਰੀ ਐਲਾਨਾਂ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ, ਸਗੋਂ ਇਸ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।ਬੀਬੀ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਦਿਵਾਉਣ ਲਈ ਕਾਨੂੰਨੀ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਅਤੇ ਬੀਬੀ ਰਣਬੀਰ ਕੌਰ ਕਲੇਰ ਨੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕੀਤਾ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਨਸ਼ਿਆਂ ਸਮੇਤ ਪੰਜਾਬ ਦੇ ਵੱਖ-ਵੱਖ ਸਿਆਸੀ ਅਤੇ ਸਮਾਜਿਕ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

.jpg)

0 Comments