ਮੁਹਾਲੀ, 12 ਨਵੰਬਰ - ਪੰਜਾਬ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੂੰ 6 ਨਵੰਬਰ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ ਅਤੇ ਵਟਸਐਪ ਰਾਹੀਂ ਧਮਕੀ ਭਰਿਆ ਸੁਨੇਹਾ ਵੀ ਭੇਜਿਆ ਗਿਆ। ਸੁਨੇਹਾ ਭੇਜਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ 7 ਕਰੋੜ ਰੁਪਏ ਦੀ ਫਿਰੌਤੀ ਮੰਗੀ।
ਮੁਲਜ਼ਮ ਨੇ ਕਥਿਤ ਤੌਰ ’ਤੇ ਵਿਧਾਇਕ ਨੂੰ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੱਕ ਇਹ ਸੁਨੇਹਾ ਪਹੁੰਚਾ ਦੇਣ ਕਿ ਜੇਕਰ 7 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਰਨੈਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਵੱਲੋਂ ਉਨ੍ਹਾਂ ਦੇ ਵਿਧਾਇਕ ਹੋਣ ਦੇ ਅਹੁਦੇ ਦੀ ਵਰਤੋਂ ਕਰਦਿਆਂ ਉਨ੍ਹਾਂ ਰਾਹੀਂ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਪੁਲੀਸ ਤੋਂ ਮੁਲਜ਼ਮ ਅਤੇ ਉਸ ਦੇ ਸਾਥੀਆਂ ਦੀ ਪਛਾਣ ਕਰਨ ਦੇ ਨਾਲ-ਨਾਲ ਸਬੰਧਤ ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀ.ਡੀ.ਆਰ.), ਆਈ.ਪੀ. ਲੌਗ ਅਤੇ ਲੋਕੇਸ਼ਨ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।ਵਿਧਾਇਕ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਹਾਲੀ ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

.jpg)

0 Comments