ਰੋਹਤਕ, 14 ਨਵੰਬਰ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਹਰਿਆਣਾ ਦੇ ਰੋਹਤਕ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਕੋਮਲ ਉਰਫ਼ ਕੋਬਰਾ ਜਾਂਗੜਾ ਵਜੋਂ ਹੋਈ ਹੈ। ਪੁਲੀਸ ਨੇ ਸ਼ਨੀਵਾਰ ਨੂੰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।ਪੁਲੀਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸ ਨੇ ਕਥਿਤ ਤੌਰ ’ਤੇ ਧਮਕੀ ਕਿਉਂ ਦਿੱਤੀ ਅਤੇ ਇਸ ਮਾਮਲੇ ਵਿੱਚ ਕਿਹੜੇ ਮੋਬਾਈਲ ਨੰਬਰਾਂ ਦੀ ਵਰਤੋਂ ਕੀਤੀ ਗਈ। ਮੁਲਜ਼ਮ ਦੇ ਭਰਾ ਤਿਲਕਰਾਜ ਅਨੁਸਾਰ ਪੰਜਾਬ ਪੁਲੀਸ 12 ਨਵੰਬਰ ਨੂੰ ਰੋਹਤਕ ਦੀ ਸ਼ਾਸਤਰੀ ਕਲੋਨੀ ਤੋਂ ਕੋਮਲ ਨੂੰ ਆਪਣੇ ਨਾਲ ਲੈ ਗਈ ਸੀ। ਪਰਿਵਾਰ ਨੂੰ ਬਾਅਦ ਵਿੱਚ ਉਸ ਦੀ ਗ੍ਰਿਫ਼ਤਾਰੀ ਦੇ ਕਾਰਨਾਂ ਬਾਰੇ ਜਾਣਕਾਰੀ ਮਿਲੀ।ਜਾਣਕਾਰੀ ਮੁਤਾਬਕ ਕੋਮਲ ਮੂਲ ਰੂਪ ਵਿੱਚ ਰੋਹਤਕ ਦੇ ਪਿੰਡ ਸਮਰਗੋਪਾਲਪੁਰ ਕਲਾਂ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਕਲੋਨੀ ਵਿੱਚ ਰਹਿ ਰਿਹਾ ਸੀ।
ਉਹ ਰੋਹਤਕ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕਲਰਕ ਵਜੋਂ ਤਾਇਨਾਤ ਸੀ, ਪਰ ਕਰੀਬ ਛੇ ਮਹੀਨੇ ਪਹਿਲਾਂ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਆਪਣਾ ਨਾਂ ਪਸੰਦ ਨਹੀਂ ਸੀ, ਜਿਸ ਕਾਰਨ ਉਸ ਨੇ ਆਪਣਾ ਨਾਂ ਬਦਲ ਕੇ 'ਕੋਬਰਾ' ਰੱਖ ਲਿਆ ਸੀ।ਇਸ ਮਾਮਲੇ ਦੀ ਸ਼ੁਰੂਆਤ ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਹੋਈ ਸੀ। ਵਿਧਾਇਕ ਨੇ ਪੁਲੀਸ ਨੂੰ ਦੱਸਿਆ ਸੀ ਕਿ 6 ਨਵੰਬਰ ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਇੱਕ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਟਸਐਪ ’ਤੇ ਵੀ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਸੀ।ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਨੇ ਤਕਨੀਕੀ ਜਾਂਚ ਸ਼ੁਰੂ ਕੀਤੀ ਅਤੇ ਕਾਲ ਡਿਟੇਲ ਤੇ ਮੋਬਾਈਲ ਲੋਕੇਸ਼ਨ ਦੇ ਆਧਾਰ ’ਤੇ ਰੋਹਤਕ ਵਾਸੀ ਕੋਮਲ ਉਰਫ਼ ਕੋਬਰਾ ਨੂੰ ਗ੍ਰਿਫ਼ਤਾਰ ਕਰ ਲਿਆ।ਫਿਲਹਾਲ ਪੁਲੀਸ ਮੁਲਜ਼ਮ ਦੇ ਮੋਬਾਈਲ ਫੋਨ, ਕਾਲ ਰਿਕਾਰਡ ਅਤੇ ਵਟਸਐਪ ਚੈਟ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਵੀ ਸ਼ਮੂਲੀਅਤ ਹੈ।

.jpg)

0 Comments