ਤਰਨਤਾਰਨ , 10 ਨਵੰਬਰ - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਭੁੱਲਰ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕ ਪਾਰਟੀ ਦੀ ਲੀਡਰਸ਼ਿਪ ਨੂੰ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਉਹ ਬੇਹੱਦ ਭਾਵੁਕ ਹਨ। ਉਨ੍ਹਾਂ ਪੱਟੀ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਸਹਿਯੋਗ ਲਈ ਉਨ੍ਹਾਂ ਦੇ ਰਿਣੀ ਰਹਿਣਗੇ।ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਜਸਕੰਵਰ ਸਿੰਘ ਉਰਫ਼ ਜੱਸਾ ਪੱਟੀ ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਸਾਬਕਾ ਪਹਿਲਵਾਨ ਜੱਸਾ ਪੱਟੀ ਦੀ ਨਿਯੁਕਤੀ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਸੀ।ਦੱਸਣਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਰੰਧਾਵਾ ਦੀ ਮੌਤ 21 ਮਾਰਚ 2026 ਨੂੰ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਹੋਈ ਸੀ।
ਮੌਤ ਤੋਂ ਪਹਿਲਾਂ ਰੰਧਾਵਾ ਵੱਲੋਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਨ੍ਹਾਂ ਨੇ ਵੇਅਰਹਾਊਸ ਦੀ ਉਸਾਰੀ ਨਾਲ ਸਬੰਧਤ ਟੈਂਡਰਾਂ ਦੀ ਅਲਾਟਮੈਂਟ ਨੂੰ ਲੈ ਕੇ ਲਾਲਜੀਤ ਸਿੰਘ ਭੁੱਲਰ ’ਤੇ ਦਬਾਅ ਪਾਉਣ ਅਤੇ ਖੱਜਲ-ਖ਼ੁਆਰ ਕਰਨ ਦੇ ਦੋਸ਼ ਲਗਾਏ ਸਨ।ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਭੁੱਲਰ ਨੂੰ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਕਿਹਾ ਸੀ। ਉਸ ਸਮੇਂ ਭੁੱਲਰ ਕੋਲ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਸਨ। ਉਨ੍ਹਾਂ ਨੇ ਉਸੇ ਦਿਨ ਆਪਣਾ ਅਸਤੀਫ਼ਾ ਦੇ ਦਿੱਤਾ ਸੀ।ਬਾਅਦ ਵਿੱਚ ਅੰਮ੍ਰਿਤਸਰ ਪੁਲੀਸ ਨੇ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਅਪਰਾਧਿਕ ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।ਇਸ ਮਾਮਲੇ ਵਿੱਚ ਪੁਲੀਸ ਨੇ 23 ਮਾਰਚ ਨੂੰ ਮੰਡੀ ਗੋਬਿੰਦਗੜ੍ਹ ਤੋਂ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਉਨ੍ਹਾਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਪੱਟੀ ਹਲਕੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ।

.jpg)

0 Comments